ਜਗਰਾਉਂ, 27 ਅਪ੍ਰੈਲ (ਸੰਜੀਵ ਮਲਹੋਤਰਾ) — ਅੱਤ ਦੀ ਗਰਮੀ ਦੇ ਮੌਸਮ ਵਿੱਚ ਪੰਜਾਬ ਭਰ ਵਿੱਚ ਲੱਗ ਰਹੇ ਬੇਵਕਤ ਅਤੇ ਲੰਬੇ ਬਿਜਲੀ ਕੱਟਾਂ ਨੇ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰ ਵਰਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪਾਵਰਕਾਮ ਅਤੇ ਪੰਜਾਬ ਸਰਕਾਰ ਕੋਲ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਵਿੱਤ ਸਕੱਤਰ ਤਰਸੇਮ ਸਿੰਘ ਬੱਸੂਵਾਲ, ਬਲਾਕ ਪ੍ਰਧਾਨ ਸਿੱਧਵਾਂ ਬੇਟ ਜਗਜੀਤ ਸਿੰਘ ਕਲੇਰ ਅਤੇ ਸਕੱਤਰ ਜਸਵਿੰਦਰ ਸਿੰਘ ਭਮਾਲ ਨੇ ਕਿਹਾ ਕਿ ਕਣਕ ਸੰਭਾਲਣ, ਤੂੜੀ ਬਣਾਉਣ ਅਤੇ ਖੇਤੀਬਾੜੀ ਦੇ ਹੋਰ ਕੰਮਾਂ ਵਿੱਚ ਦਿਨ-ਰਾਤ ਮਿਹਨਤ ਕਰ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜੇਕਰ ਪੂਰੇ ਸਮੇਂ ਲਈ ਬਿਜਲੀ ਨਹੀਂ ਮਿਲਦੀ ਤਾਂ ਉਨ੍ਹਾਂ ਦਾ ਆਰਾਮ ਅਤੇ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗਰੀਬ ਮਜ਼ਦੂਰ ਪਰਿਵਾਰਾਂ ਲਈ ਹਾਲਾਤ ਹੋਰ ਵੀ ਮੁਸ਼ਕਲ ਹਨ, ਕਿਉਂਕਿ ਬਿਜਲੀ ਕੱਟਾਂ ਕਾਰਨ ਗਰਮੀ ਅਤੇ ਮੱਛਰਾਂ ਦੀ ਸਮੱਸਿਆ ਵਧਣ ਨਾਲ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਵਧੇਰੇ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ ਹੋਰ ਵਧੇਗੀ। ਅਜਿਹੇ ਵਿੱਚ ਜੇਕਰ ਬਿਜਲੀ ਸਪਲਾਈ ਨਿਰਵਿਘਨ ਨਾ ਹੋਈ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪੈ ਸਕਦਾ ਹੈ।
ਬਲਾਕ ਸਕੱਤਰ ਕੁਲਵੰਤ ਸਿੰਘ ਕਾਂਤਾ ਅਤੇ ਰਛਪਾਲ ਸਿੰਘ ਨਵਾਂ ਡੱਲਾ ਨੇ ਕਿਹਾ ਕਿ ਲੰਬੇ ਬਿਜਲੀ ਕੱਟਾਂ ਲਈ ਹੇਠਲੇ ਪੱਧਰ ਦੇ ਬਿਜਲੀ ਕਰਮਚਾਰੀਆਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਦਾ ਦੋਸ਼ ਸੀ ਕਿ ਬਿਜਲੀ ਪ੍ਰਬੰਧਾਂ ਵਿੱਚ ਕਮਜ਼ੋਰੀ ਅਤੇ ਅਗਾਂਹੂ ਯੋਜਨਾ ਦੀ ਘਾਟ ਕਾਰਨ ਲੋਕਾਂ ਨੂੰ ਇਹ ਸਮੱਸਿਆ ਝੱਲਣੀ ਪੈ ਰਹੀ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਸਰਕਾਰ ਬਿਜਲੀ ਦੀ ਵਧਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਜੰਗੀ ਪੱਧਰ ’ਤੇ ਪ੍ਰਬੰਧ ਕਰੇ ਅਤੇ ਬਿਜਲੀ ਉਤਪਾਦਨ ਵਧਾਉਣ ਲਈ ਲੋੜੀਂਦੇ ਕਦਮ ਚੁੱਕੇ।
ਜਥੇਬੰਦੀ ਨੇ ਰੋਪੜ ਵਿਖੇ 800 ਮੈਗਾਵਾਟ ਦੇ ਦੋ ਯੂਨਿਟ ਤੁਰੰਤ ਚਾਲੂ ਕਰਨ ਦੀ ਮੰਗ ਵੀ ਕੀਤੀ। ਆਗੂਆਂ ਨੇ ਦੱਸਿਆ ਕਿ ਇਸ ਮਸਲੇ ’ਤੇ ਸਰਕਾਰ ਤੱਕ ਲੋਕਾਂ ਦੀ ਆਵਾਜ਼ ਪਹੁੰਚਾਉਣ ਲਈ 27 ਅਪ੍ਰੈਲ ਦਿਨ ਸੋਮਵਾਰ ਸਵੇਰੇ 11 ਵਜੇ ਸਿੱਧਵਾਂ ਬੇਟ ਰੋਡ ਸਥਿਤ ਐਕਸੀਅਨ ਪਾਵਰਕਾਮ ਦਫ਼ਤਰ ਜਗਰਾਉਂ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
ਉਨ੍ਹਾਂ ਸ਼ਹਿਰ ਵਾਸੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਬਿਜਲੀ ਕੱਟਾਂ ਦੀ ਸਮੱਸਿਆ ਸਿਰਫ਼ ਪਿੰਡਾਂ ਦੀ ਨਹੀਂ, ਸਗੋਂ ਸ਼ਹਿਰੀ ਆਬਾਦੀ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਅਤੇ ਇਲਾਕਾ ਪ੍ਰਧਾਨ ਧਰਮ ਸਿੰਘ ਸੂਜਾਪੁਰ ਵੱਲੋਂ ਵੀ ਇਸ ਐਕਸ਼ਨ ਦੀ ਹਿਮਾਇਤ ਕੀਤੀ ਗਈ।।