ਸੰਤ ਮਹਾਂਪੁਰਸ਼ਾਂ ਨਾਲ ਕੀਤੀ ਮੁਲਾਕਾਤ, ਪੰਥਕ ਮਸਲਿਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਸਬੰਧੀ ਹੋਈ ਚਰਚਾ
ਜਗਰਾਉਂ, 26 ਜੂਨ (ਦਰਪਣ ਲੁਧਿਆਣਾ ਨਿਊਜ਼):
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਐਸ.ਜੀ.ਪੀ.ਸੀ. ਮੈਂਬਰ ਸ. ਅਮਰਜੀਤ ਸਿੰਘ ਚਾਵਲਾ ਨੇ ਅੱਜ ਜਗਰਾਉਂ ਵਿਖੇ ਗੁਰਦੁਆਰਾ ਗੋਪਾਲਸਰ ਸਾਹਿਬ ਗਗੜਾ ਅਤੇ ਨਾਨਕਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਤ ਮਹਾਂਪੁਰਸ਼ਾਂ ਨਾਲ ਮੁਲਾਕਾਤ ਕੀਤੀ।
ਕਮੇਟੀ ਮੈਂਬਰਾਂ ਨੇ ਬਾਬਾ ਘਾਲਾ ਸਿੰਘ ਜੀ, ਬਾਬਾ ਗੁਰਜੀਤ ਸਿੰਘ ਜੀ, ਬਾਬਾ ਗੁਰਚਰਨ ਸਿੰਘ ਜੀ, ਬਾਬਾ ਅਮਰਜੀਤ ਸਿੰਘ, ਬਾਬਾ ਸਰਬਜੀਤ ਸਿੰਘ ਡਾਂਗੋ, ਬਾਬਾ ਕੁਲਵੰਤ ਸਿੰਘ ਮੈਹਿਤਿਆਣਾ, ਬਾਬਾ ਲਖਬੀਰ ਸਿੰਘ, ਬਾਬਾ ਜਸਨਪ੍ਰੀਤ ਸਿੰਘ, ਬਾਬਾ ਸਰਬਜੀਤ ਸਿੰਘ ਭਰੋਵਾਲ ਅਤੇ ਬਾਬਾ ਜਗਮੋਹਣ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਦਾ ਹਵਾਲਾ ਦਿੰਦਿਆਂ ਸੰਗਤ ਨੂੰ ਉਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਪ੍ਰੈਸ ਨੋਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੌਕੇ 'ਤੇ ਮੌਜੂਦ ਸੰਗਤ ਅਤੇ ਗੁਰੂ ਘਰ ਦੇ ਪ੍ਰਬੰਧਕਾਂ ਨੇ ਵੀ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਨ ਦਾ ਭਰੋਸਾ ਪ੍ਰਗਟਾਇਆ।
ਇਸ ਦੌਰਾਨ ਗੁਰਦੁਆਰਾ ਗੋਪਾਲਸਰ ਸਾਹਿਬ ਗਗੜਾ ਅਤੇ ਨਾਨਕਸਰ ਸਾਹਿਬ ਦੇ ਮਹਾਂਪੁਰਸ਼ਾਂ ਵੱਲੋਂ ਪੰਜ ਮੈਂਬਰੀ ਕਮੇਟੀ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਪੰਥਕ ਏਕਤਾ, ਗੁਰਮਤਿ ਸਿਧਾਂਤਾਂ ਦੀ ਪਾਲਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਕਾਇਮ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ।
ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ, ਐਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਕਮੇਟੀ ਦੇ ਜਗਰਾਉਂ ਦੌਰੇ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਰਵਾਇਤਾਂ ਅਤੇ ਗੁਰੂ ਘਰ ਦੀ ਮਰਯਾਦਾ ਦੀ ਰੱਖਿਆ ਲਈ ਵਚਨਬੱਧ ਹੈ।