ਜਗਰਾਉਂ, ਸੰਜੀਵ ਮਲਹੋਤਰਾ:
ਪੰਜਾਬੀ ਦੇ ਪ੍ਰਸਿੱਧ ਕ੍ਰਾਂਤੀਕਾਰੀ ਸ਼ਾਇਰ ਅਵਤਾਰ ਸਿੰਘ ਪਾਸ਼ ਦੇ ਜਨਮ ਦਿਹਾੜੇ ਮੌਕੇ ਪਾਸ਼ ਅਤੇ ਹੰਸਰਾਜ ਯਾਦਗਾਰੀ ਟਰੱਸਟ ਵੱਲੋਂ ਪਿੰਡ ਤਲਵੰਡੀ ਸਲੇਮ ਵਿਖੇ ਕਰਵਾਏ ਜਾ ਰਹੇ ਯਾਦਗਾਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਪਾਸ਼ ਅਤੇ ਉਨ੍ਹਾਂ ਦੇ ਸਾਥੀ ਹੰਸਰਾਜ ਦੀ 23 ਸਤੰਬਰ 1988 ਨੂੰ ਪਿੰਡ ਤਲਵੰਡੀ ਸਲੇਮ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਟਰੱਸਟ ਵੱਲੋਂ ਉਸ ਸਮੇਂ ਤੋਂ ਹਰ ਸਾਲ ਉਨ੍ਹਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾਂਦਾ ਹੈ।
ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਦੋਸ਼ ਲਾਇਆ ਕਿ ਪਿੰਡ ਦਾ ਸਰਪੰਚ ਪਾਸ਼ ਯਾਦਗਾਰੀ ਕੰਪਲੈਕਸ ਸਬੰਧੀ ਵਿਵਾਦ ਪੈਦਾ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੀਤੇ ਦਿਨ ਸਮਾਗਮ ਦੀ ਤਿਆਰੀ ਲਈ ਪਹੁੰਚੇ ਕਿਸਾਨ-ਮਜ਼ਦੂਰ ਵਰਕਰਾਂ ਨਾਲ ਕਥਿਤ ਤੌਰ ’ਤੇ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਹੋਈ।
ਖੰਨਾ ਨੇ ਕਿਹਾ ਕਿ ਇਸ ਸਬੰਧੀ ਨਕੋਦਰ ਦੇ ਐੱਸਡੀਐੱਮ ਅਤੇ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਦਖ਼ਲ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਪਾਸ਼ ਯਾਦਗਾਰੀ ਕੰਪਲੈਕਸ ਨੂੰ ਇਤਿਹਾਸਕ ਧਰੋਹਰ ਮੰਨਦਿਆਂ ਇਸ ਦੀ ਰਾਖੀ ਲਈ ਲੋਕ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਇਨਕਲਾਬੀ ਕੇਂਦਰ ਪੰਜਾਬ ਦਾ ਕਾਫ਼ਲਾ ਵੀ ਸਮਾਗਮ ਵਿੱਚ ਸ਼ਾਮਲ ਹੋਵੇਗਾ।