Monday, 07 September 2026
Jagraon
ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਕੀਰਤਨ ਦੀਵਾਨ ਸਜਾਏ, ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ
ਜਗਰਾਓਂ: ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਜਿਨ੍ਹਾਂ ਨੂੰ ਭਾਈ ਜੈਤਾ ਜੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦੀਵਾਨ ਗੁਰਦੁਆਰਾ ਬਾਬਾ ਜੀਵਨ ਸਿੰਘ, ਲੋਪੋ ਡਾਲਾ ਅਗਵਾੜ ਜਗਰਾਓਂ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ।
ਇਹ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਇਲਾਕੇ ਦੇ ਧਾਰਮਿਕ ਆਗੂਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਆਗੂਆਂ ਨੇ ਵੀ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।
ਸਮਾਗਮ ਦੌਰਾਨ ਭਾਈ ਗੁਰਭੇਜ ਸਿੰਘ ਕੀਰਤਨੀਏ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਉਪਰੰਤ ਬਾਬਾ ਰਵਿੰਦਰ ਸਿੰਘ ਜੋਨੀ ਠਾਠ ਤਖਾਣਵੱਧ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵੱਲੋਂ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਬਾਬਾ ਰਵਿੰਦਰ ਸਿੰਘ ਜੋਨੀ ਨੇ ਬਾਬਾ ਜੀਵਨ ਸਿੰਘ ਜੀ ਦੇ ਮਹਾਨ ਜੀਵਨ, ਸੇਵਾ, ਸਿਦਕ ਅਤੇ ਕੁਰਬਾਨੀ ਬਾਰੇ ਚਾਨਣਾ ਪਾਇਆ। ਉਨ੍ਹਾਂ ਭਾਈ ਜੀਵਨ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਸਾਖੀ ਸਾਂਝੀ ਕਰਦਿਆਂ ਗੁਰੂ ਤੇਗ ਬਹਾਦਰ ਜੀ ਦੇ ਸੀਸ ਨੂੰ ਦਿੱਲੀ ਤੋਂ ਲਿਆ ਕੇ ਅਨੰਦਪੁਰ ਸਾਹਿਬ ਪਹੁੰਚਾਉਣ ਵਿੱਚ ਨਿਭਾਈ ਸੇਵਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਈ ਜੀਵਨ ਸਿੰਘ ਜੀ ਦੀ ਨਿਡਰਤਾ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਸਿੱਖ ਇਤਿਹਾਸ ਵਿੱਚ ਵਿਲੱਖਣ ਸਥਾਨ ਰੱਖਦੀ ਹੈ।
ਉਨ੍ਹਾਂ ਦੱਸਿਆ ਕਿ ਭਾਈ ਜੀਵਨ ਸਿੰਘ ਜੀ ਦੀ ਮਹਾਨ ਸੇਵਾ ਤੋਂ ਪ੍ਰਭਾਵਿਤ ਹੋ ਕੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ “ਰੰਗਰੇਟਾ ਗੁਰੂ ਕਾ ਬੇਟਾ” ਕਹਿ ਕੇ ਸਨਮਾਨ ਦਿੱਤਾ। ਉਨ੍ਹਾਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਤੋਂ ਸੇਵਾ, ਸਿਦਕ, ਨਿਡਰਤਾ ਅਤੇ ਕੁਰਬਾਨੀ ਦੀ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਕੀਰਤਨੀ ਅਤੇ ਕਵੀਸ਼ਰੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕਮੇਟੀ ਵੱਲੋਂ ਸੰਗਤਾਂ, ਨਗਰ ਨਿਵਾਸੀਆਂ ਅਤੇ ਸੇਵਾਦਾਰਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੌਕੇ ਗੁਰੂ ਘਰ ਵੱਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।