Wednesday, 23 September 2026
Jagraon
ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ 500 ਡਰੋਨਾਂ ਨੇ ਜਗਰਾਉਂ ਦਾ ਅਸਮਾਨ ਰੌਸ਼ਨਾਇਆ, ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫ਼ਲਸਫ਼ੇ ਦੀ ਪੇਸ਼ਕਾਰੀ
ਜਗਰਾਉਂ, (ਦਿਨੇਸ਼ ਸ਼ਰਮਾ/ਸੰਜੀਵ ਮਲਹੋਤਰਾ) ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਦੇਰ ਸ਼ਾਮ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਰੌਸ਼ਨੀਆਂ ਨਾਲ ਸਜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਫ਼ਲਸਫ਼ੇ ਨੂੰ ਦਿਲਕਸ਼ ਢੰਗ ਨਾਲ ਪੇਸ਼ ਕੀਤਾ ਗਿਆ।
ਸਮਾਗਮ ਦੌਰਾਨ ਭਾਈ ਮਨਜਿੰਦਰ ਸਿੰਘ ਖਾਲਸਾ ਦੇ ਰਾਗੀ ਜੱਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਉਪ ਮੰਡਲ ਮੈਜਿਸਟਰੇਟ ਜਗਰਾਉਂ ਬਾਦਲ ਦੀਨ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ। ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਡਰੋਨ ਸ਼ੋਅ ਦਾ ਆਨੰਦ ਮਾਣਿਆ।
ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਅਨੁਸਾਰ ਗੁਰੂ ਸਾਹਿਬ ਦਾ ਫ਼ਲਸਫ਼ਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ।
ਵਿਧਾਇਕ ਮਾਣੂੰਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਢੰਗ ਨਾਲ ਪਹੁੰਚਾਉਣਾ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।