ਈ-ਪੇਪਰ ਪੜ੍ਹਨ ਮੋਡ

Punjab Patrika ePaper

Wednesday, 23 September 2026

ਮਾਂ ਬੋਲੀ ਪੰਜਾਬੀ ਸਾਡੀ ਪਹਿਚਾਣ ਤੇ ਵਿਰਾਸਤ ਦਾ ਅਨਮੋਲ ਹਿੱਸਾ , ਨਵੀਂ ਪੀੜ੍ਹੀ ਨੂੰ ਮਾਂ ਬੋਲੀ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ : ਪ੍ਰਿੰਸੀਪਲ ਖੁਰਾਣਾ

ਮਾਂ ਬੋਲੀ ਪੰਜਾਬੀ ਸਾਡੀ ਪਹਿਚਾਣ ਤੇ ਵਿਰਾਸਤ ਦਾ ਅਨਮੋਲ ਹਿੱਸਾ , ਨਵੀਂ ਪੀੜ੍ਹੀ ਨੂੰ ਮਾਂ ਬੋਲੀ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ : ਪ੍ਰਿੰਸੀਪਲ ਖੁਰਾਣਾ

ਜਗਰਾਉਂ: ਸੰਜੀਵ ਮਲਹੋਤਰਾ/ ਦਿਨੇਸ਼ ਸ਼ਰਮਾ

ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਉਂ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ।

ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਪੰਜਾਬੀ ਰਚਨਾਵਾਂ ਦਾ ਵਾਚਨ ਕੀਤਾ ਅਤੇ ਮਾਂ ਬੋਲੀ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਵਿਰਾਸਤ ਬਾਰੇ ਜਾਣਕਾਰੀ ਹਾਸਲ ਕਰਦਿਆਂ ਆਪਣੀ ਮਾਂ ਬੋਲੀ ਨੂੰ ਹੋਰ ਨੇੜਿਓਂ ਜਾਣਿਆ।

ਪ੍ਰੋਗਰਾਮ ਦੌਰਾਨ ਸਕੂਲ ਪ੍ਰਿੰਸੀਪਲ ਸੁਪ੍ਰਿਆ ਮੈਡਮ ਨੇ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਸਾਡੇ ਬੋਲਣ-ਚਾਲਣ ਦਾ ਸਾਧਨ ਹੀ ਨਹੀਂ, ਸਗੋਂ ਸਾਡੀ ਵਿਰਾਸਤ, ਸੱਭਿਆਚਾਰ ਅਤੇ ਪਹਿਚਾਣ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ।

ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੀ ਮਾਂ ਬੋਲੀ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ ਅਤੇ ਇਸ ਲਈ ਸਕੂਲਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪੜ੍ਹਨ, ਲਿਖਣ ਅਤੇ ਬੋਲਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਆਪਣੀ ਅਮੀਰ ਪੰਜਾਬੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾ ਸਕੇ।

ਇਸ ਮੌਕੇ ਮੈਡਮ ਮਲਕੀਤ ਕੌਰ, ਮੈਡਮ ਕੁਲਦੀਪ ਕੌਰ, ਮੈਡਮ ਜਤਿੰਦਰ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਮਾਂ ਬੋਲੀ ਪੰਜਾਬੀ ਪ੍ਰਤੀ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।