Wednesday, 23 September 2026
School
ਪੰਜਾਬੀ ਭਾਸ਼ਾ ਤੇ ਵਿਰਸੇ ਨਾਲ ਜੁੜੇ ਬਲੌਸਮਜ਼ ਸਕੂਲ ਦੇ ਵਿਦਿਆਰਥੀ ਵਿਸ਼ਵ ਪੰਜਾਬੀ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
ਜਗਰਾਉਂ: (ਦਿਨੇਸ਼ ਸ਼ਰਮਾ) ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਲੌਸਮਜ਼ ਕਾਨਵੈਂਟ ਸਕੂਲ, ਲੀਲਾਂ ਮੇਘ ਸਿੰਘ, ਜਗਰਾਉਂ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਇਸ ਦੇ ਇਤਿਹਾਸ, ਸਾਹਿਤ ਅਤੇ ਸੱਭਿਆਚਾਰਕ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਵਰਤੋਂ ਰੋਜ਼ਾਨਾ ਜੀਵਨ ਵਿੱਚ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਨੂੰ ਸਾਂਭਣ, ਇਸ ਦਾ ਸਤਿਕਾਰ ਕਰਨ ਅਤੇ ਆਉਣ ਵਾਲੀ ਪੀੜ੍ਹੀ ਤੱਕ ਇਸ ਦੀ ਵਿਰਾਸਤ ਨੂੰ ਪਹੁੰਚਾਉਣ ਦਾ ਪ੍ਰਣ ਲਿਆ।
ਸਮਾਗਮ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਪੰਜਾਬੀ ਭਾਸ਼ਾ ਦੀ ਵਿਸ਼ੇਸ਼ਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਾਸ਼ਾ ਕਿਸੇ ਵੀ ਕੌਮ ਦੀ ਪਛਾਣ ਅਤੇ ਵਿਰਾਸਤ ਦਾ ਅਹਿਮ ਹਿੱਸਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਮਾਂ-ਬੋਲੀ ਪੰਜਾਬੀ ਨੂੰ ਪਿਆਰ, ਸਤਿਕਾਰ ਅਤੇ ਮਾਣ ਨਾਲ ਅਪਣਾਈਏ ਅਤੇ ਇਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਈਏ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਪੜ੍ਹਨ ਅਤੇ ਪੰਜਾਬੀ ਭਾਸ਼ਾ ਨਾਲ ਸਬੰਧਤ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਵਿਸ਼ਵ ਪੰਜਾਬੀ ਦਿਵਸ ਦੀਆਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਪਣੀ ਮਾਂ-ਬੋਲੀ ਅਤੇ ਸੱਭਿਆਚਾਰ ਨਾਲ ਜੁੜਨਾ ਹਰ ਵਿਅਕਤੀ ਦਾ ਫਰਜ਼ ਹੈ। ਉਨ੍ਹਾਂ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।